ਬੀ. ਸੀ. ਵਿਦਿਆਰਥੀਆਂ ਵੱਲੋਂ ਫ਼ੀਸਾਂ ਵਸੂਲਣ ਵਿਰੁੱਧ ਕਾਲਜਾਂ ਿਖ਼ਲਾਫ਼ ਰੋਸ ਧਰਨਾ

ਫ਼ਰੀਦਕੋਟ, – ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਵੱਲੋਂ ਅੱਜ ਇੱਥੇ ਵੱਖ-ਵੱਖ ਕਾਲਜਾਂ ਵੱਲੋਂ ਫ਼ੀਸਾਂ ਲੈਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਨਾ ਲਾ ਕੇ ਕਾਲਜ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ | ਵਿਦਿਆਰਥੀਆਂ ਦੇ ਇਸ ਸੰਘਰਸ਼ ਨੂੰ ਸਮਰਥਨ ਦੇਣ ਲਈ ਆਏ ਐੱਨ. ਐੱਸ. ਯੂ. ਆਈ. ਦੇ ਸੂਬਾਈ ਆਗੂ ਨੀਰਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਬਹੁਤ ਨਿੱਜੀ ਕਾਲਜਾਂ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਕਾਲਜਾਂ ਵਿਚ ਫ਼ੀਸਾਂ ਵਸੂਲੀਆਂ ਜਾ ਰਹੀਆਂ ਹਨ ਜੋ ਕਿ ਗੈਰ-ਕਾਨੂੰਨੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸੰਘਰਸ਼ ਵਿਚ ਉਹ ਪੂਰੀ ਤਰ੍ਹਾਂ ਸ਼ਾਮਿਲ ਹੋ ਕੇ ਇਨ੍ਹਾਂ ਕਾਲਜਾਂ ਵਿਰੁੱਧ ਮੁਜ਼ਾਹਰੇ ਕਰਨਗੇ | ਦੱਸਣਯੋਗ ਹੈ ਕਿ ਇੱਥੋਂ ਦੇ ਇਕ ਨਰਸਿੰਗ ਤੇ ਬਹ-ੁਤਕਨੀਕੀ ਕਾਲਜ ਸਾਹਮਣੇ ਛੋਟ ਦੇ ਬਾਵਜੂਦ ਫ਼ੀਸਾਂ ਵਸੂਲਣ ਦਾ ਦੋਸ਼ ਲਗਾਉਂਦਿਆਂ ਕਾਲਜ ਦੇ ਗੇਟ ਮੂਹਰੇ ਵਿਦਿਆਰਥੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ | ਵਿਦਿਆਰਥੀ ਆਗੂ ਸੁਖਦੀਪ ਕੌਰ, ਰਮਨਦੀਪ ਕੌਰ, ਹਰਦੀਪ ਕੌਰ, ਮਮਤਾ ਰਾਣੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਨੇ ਬਕਾਇਦਾ ਤੌਰ ‘ਤੇ ਪੰਜਾਬ ਦੇ ਕਾਲਜਾਂ ਨੂੰ ਲਿਖਤੀ ਪੱਤਰ ਜਾਰੀ ਕੀਤਾ ਹੈ ਕਿ ਪੱਛੜੀ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਤੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਫ਼ੀਸ ਨਹੀਂ ਲਈ ਜਾਣੀ ਕਿਉਂਕਿ ਇਨ੍ਹਾਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਸਮੁੱਚੀ ਫ਼ੀਸ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ | ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਲਿਖਤੀ ਹਦਾਇਤਾਂ ਦੇ ਬਾਵਜੂਦ ਵਿਦਿਆਰਥੀਆਂ ਨੂੰ 15 ਹਜ਼ਾਰ ਰੁਪਏ ਪ੍ਰਤੀ ਸਮੈਸਟਰ ਫ਼ੀਸ ਭਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਪੱਛੜੀਆਂ ਅਤੇ ਅਨੁਸੂਚਿਤ ਜਾਤੀਆਂ ਦੀ ਆਰਥਿਕ ਹਾਲਤ ਮੰਦੀ ਹੈ ਅਤੇ ਉਹ ਫ਼ੀਸਾਂ ਦੇਣ ਤੋਂ ਅਸਮਰਥ ਹਨ | ਪੀੜਤ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਲਿਖਤੀ ਮੰਗ ਪੱਤਰ ਵੀ ਦਿੱਤਾ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ਇਸ ਸਮੇਂ ਵਿਦਿਆਰਥੀ ਆਗੂ ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਸਰਬਜੀਤ ਸਿੰਘ, ਰਾਜਵਿੰਦਰ ਕੌਰ, ਜਤਿੰਦਰ ਕੌਰ, ਨੀਤੂ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਗਗਨਦੀਪ ਕੌਰ ਆਦਿ ਨੇ ਸੰਬੋਧਨ ਕੀਤਾ